1ਅਮਾਜ਼ਯਾਹ ਪੱਚੀ ਸਾਲਾਂ ਦਾ ਸੀ ਜਦੋਂ ਉਹ ਪਾਤਸ਼ਾਹ ਬਣਿਆ ਅਤੇ ਉਸ ਨੇ ਯੇਰੂਸ਼ਲੇਮ ਵਿੱਚ ਉਨੱਤੀ ਸਾਲ ਰਾਜ ਕੀਤਾ। ਉਸ ਦੀ ਮਾਤਾ ਦਾ ਨਾਮ ਯੇਹੋਅਦਾਨ ਸੀ ਅਤੇ ਉਹ ਯੇਰੂਸ਼ਲੇਮ ਦੀ ਸੀ।
2ਉਸ ਨੇ ਉਹ ਕੀਤਾ ਜੋ ਯਾਹਵੇਹ ਦੀ ਨਿਗਾਹ ਵਿੱਚ ਸਹੀ ਸੀ, ਪਰ ਉਸ ਨੇ ਪੂਰੇ ਦਿਲ ਦੇ ਨਾਲ ਨਹੀਂ ਕੀਤਾ।
3ਜਿਵੇਂ ਹੀ ਰਾਜ ਉਸਦੇ ਹੱਥ ਵਿੱਚ ਮਜ਼ਬੂਤ ਹੋਇਆ, ਉਸ ਨੇ ਉਹਨਾਂ ਅਧਿਕਾਰੀਆਂ ਨੂੰ ਮਾਰ ਦਿੱਤਾ ਜਿਨ੍ਹਾਂ ਨੇ ਉਸ ਦੇ ਪਿਤਾ ਰਾਜੇ ਦਾ ਕਤਲ ਕੀਤਾ ਸੀ।
4ਫਿਰ ਵੀ ਉਸ ਨੇ ਬੱਚਿਆਂ ਨੂੰ ਮੌਤ ਦੀ ਸਜ਼ਾ ਨਾ ਦਿੱਤੀ ਕਿਉਂ ਜੋ ਮੋਸ਼ੇਹ ਦੀ ਬਿਵਸਥਾ ਦੀ ਪੋਥੀ ਵਿੱਚ ਲਿਖੀਆਂ ਗੱਲਾਂ ਦੇ ਅਨੁਸਾਰ ਜਿੱਥੇ ਯਾਹਵੇਹ ਨੇ ਹੁਕਮ ਦਿੱਤਾ ਸੀ, “ਮਾਤਾ-ਪਿਤਾ ਨੂੰ ਆਪਣੇ ਬੱਚਿਆਂ ਦੀ ਥਾਂ ਮੌਤ ਦੀ ਸਜ਼ਾ ਨਾ ਦਿੱਤੀ ਜਾਵੇ, ਨਾ ਹੀ ਬੱਚੇ ਆਪਣੇ ਮਾਤਾ-ਪਿਤਾ ਦੇ ਕਾਰਨ ਮਾਰੇ ਜਾਣ, ਹਰ ਇੱਕ ਆਪਣੇ ਹੀ ਪਾਪ ਦੇ ਕਾਰਨ ਮਾਰਿਆ ਜਾਵੇ।”