5ਅਜਿਹਾ ਹੋਇਆ ਕਿ ਜਿਵੇਂ ਹੀ ਰਾਜ ਉਸਦੇ ਹੱਥ ਵਿੱਚ ਮਜ਼ਬੂਤ ਹੋ ਗਿਆ, ਉਸਨੇ ਉਹਨਾਂ ਅਧਿਕਾਰੀਆਂ ਨੂੰ ਮਾਰ ਦਿੱਤਾ ਜਿਨ੍ਹਾਂ ਨੇ ਉਸਦੇ ਪਿਤਾ ਰਾਜੇ ਦਾ ਕਤਲ ਕੀਤਾ ਸੀ।
6ਫਿਰ ਵੀ ਉਸਨੇ ਕਾਤਲਾਂ ਦੇ ਬੱਚਿਆਂ ਨੂੰ ਮੌਤ ਦੀ ਸਜ਼ਾ ਨਾ ਦਿੱਤੀ, ਮੋਸ਼ੇਹ ਦੀ ਬਿਵਸਥਾ ਦੀ ਪੋਥੀ ਵਿੱਚ ਲਿਖੀਆਂ ਗੱਲਾਂ ਦੇ ਅਨੁਸਾਰ ਜਿੱਥੇ ਯਾਹਵੇਹ ਨੇ ਹੁਕਮ ਦਿੱਤਾ ਸੀ, “ਮਾਤਾ-ਪਿਤਾ ਆਪਣੇ ਬੱਚਿਆਂ ਦੀ ਥਾਂ ਨਾ ਮਾਰੇ ਜਾਣ, ਨਾ ਹੀ ਬੱਚੇ ਆਪਣੇ ਮਾਤਾ-ਪਿਤਾ ਦੇ ਕਾਰਨ ਮਾਰੇ ਜਾਣ ਹਰ ਇੱਕ ਆਪਣੇ ਹੀ ਪਾਪ ਦੇ ਕਾਰਨ ਮਾਰਿਆ ਜਾਵੇ।”
7ਉਹੀ ਸੀ ਜਿਸਨੇ ਲੂਣ ਦੀ ਘਾਟੀ ਵਿੱਚ ਦਸ ਹਜ਼ਾਰ ਅਦੋਮੀਆਂ ਨੂੰ ਹਰਾਇਆ ਅਤੇ ਲੜਾਈ ਵਿੱਚ ਸੇਲਾ ਉੱਤੇ ਕਬਜ਼ਾ ਕਰ ਲਿਆ, ਇਸ ਨੂੰ ਯਾਕਥਏਲ ਕਿਹਾ ਜਾਂਦਾ ਹੈ, ਇਹ ਨਾਮ ਅੱਜ ਤੱਕ ਹੈ।
8ਤਦ ਅਮਾਜ਼ਯਾਹ ਨੇ ਇਸਰਾਏਲ ਦੇ ਰਾਜੇ ਯੇਹੂ ਦੇ ਪੁੱਤਰ ਯਹੋਆਹਾਜ਼ ਦੇ ਪੁੱਤਰ ਯੋਆਸ਼ ਕੋਲ ਸੰਦੇਸ਼ਵਾਹਕ ਭੇਜੇ, “ਆਓ, ਅਸੀਂ ਇੱਕ ਦੂਸਰੇ ਨਾਲ ਆਹਮੋ-ਸਾਹਮਣੇ ਵੇਖੀਏ।”
9ਪਰ ਇਸਰਾਏਲ ਦੇ ਰਾਜੇ ਯੋਆਸ਼ ਨੇ ਯਹੂਦਾਹ ਦੇ ਰਾਜੇ ਅਮਾਜ਼ਯਾਹ ਨੂੰ ਜਵਾਬ ਦਿੱਤਾ, “ਲਬਾਨੋਨ ਦੀ ਇੱਕ ਕੰਡਿਆਲੀ ਝਾੜੀ ਨੇ ਲਬਾਨੋਨ ਦੇ ਇੱਕ ਦਿਆਰ ਨੂੰ ਸੁਨੇਹਾ ਭੇਜਿਆ, ‘ਆਪਣੀ ਧੀ ਦਾ ਮੇਰੇ ਪੁੱਤਰ ਨਾਲ ਵਿਆਹ ਕਰ ਦੇ।’ ਤਦ ਲਬਾਨੋਨ ਵਿੱਚ ਇੱਕ ਜੰਗਲੀ ਜਾਨਵਰ ਉਸ ਦੇ ਕੋਲ ਦੀ ਲੰਘਿਆ ਅਤੇ ਉਸ ਨੇ ਉਸ ਕੰਡਿਆਲੇ ਨੂੰ ਪੈਰਾਂ ਹੇਠ ਮਿੱਧ ਦਿੱਤਾ।