4ਇਸ ਲਈ ਉਨ੍ਹਾਂ ਨੇ ਪਤਰਸ ਨੂੰ ਫੜ੍ਹ ਕੇ ਜੇਲ੍ਹ ਵਿੱਚ ਪਾ ਦਿੱਤਾ ਅਤੇ ਚਾਰ-ਚਾਰ ਸਿਪਾਹੀਆਂ ਦੀਆਂ ਚਾਰ ਟੋਲੀਆਂ ਦੇ ਹਵਾਲੇ ਕੀਤਾ ਕਿ ਉਹ ਦੀ ਚੌਕਸੀ ਕਰਨ, ਅਤੇ ਉਹ ਨੂੰ ਪਸਾਹ ਦੇ ਤਿਉਹਾਰ ਤੋਂ ਬਾਅਦ ਲੋਕਾਂ ਦੇ ਅੱਗੇ ਕੱਢ ਲਿਆਉਣ ਦੀ ਯੋਜਨਾ ਬਣਾਈ।
5ਇਸ ਲਈ ਪਤਰਸ ਨੂੰ ਕੈਦ ਵਿੱਚ ਰੱਖਿਆ ਗਿਆ ਸੀ, ਪਰ ਕਲੀਸਿਆ ਦਿਲੋਂ ਉਸ ਲਈ ਪਰਮੇਸ਼ਵਰ ਅੱਗੇ ਪ੍ਰਾਰਥਨਾ ਕਰ ਰਹੀ ਸੀ।
6ਜਦੋਂ ਹੇਰੋਦੇਸ ਉਹ ਨੂੰ ਬਾਹਰ ਲਿਆਉਣ ਨੂੰ ਤਿਆਰ ਸੀ, ਉਸ ਰਾਤ ਪਤਰਸ ਦੋ ਸੰਗਲਾਂ ਨਾਲ ਬੰਨ੍ਹਿਆ ਹੋਇਆ ਦੋ ਸਿਪਾਹੀਆਂ ਦੇ ਵਿੱਚਕਾਰ ਸੁੱਤਾ ਪਿਆ ਸੀ, ਅਤੇ ਪਹਿਰਾ ਦੇਣ ਵਾਲੇ ਜੇਲ੍ਹ ਦੇ ਫਾਟਕ ਤੇ ਪਹਿਰਾ ਦੇ ਰਹੇ ਸਨ।
7ਅਚਾਨਕ ਪ੍ਰਭੂ ਦਾ ਇੱਕ ਸਵਰਗਦੂਤ ਪ੍ਰਗਟ ਹੋਇਆ ਅਤੇ ਜੇਲ੍ਹ ਦੀ ਕੋਠੜੀ ਵਿੱਚ ਇੱਕ ਚਾਨਣ ਚਮਕਿਆ। ਉਸ ਨੇ ਪਤਰਸ ਦੀ ਵੱਖੀ ਤੇ ਹੱਥ ਮਾਰ ਕੇ ਉਹ ਨੂੰ ਜਗਾਇਆ। ਉਸ ਨੇ ਕਿਹਾ, “ਜਲਦੀ, ਉੱਠ!” ਅਤੇ ਜੰਜ਼ੀਰਾਂ ਪਤਰਸ ਦੀਆਂ ਗੁੱਟਾਂ ਤੋਂ ਡਿੱਗ ਪਈਆਂ।
8ਤਦ ਸਵਰਗਦੂਤ ਨੇ ਉਸ ਨੂੰ ਕਿਹਾ, “ਆਪਣੇ ਕੱਪੜੇ ਅਤੇ ਜੁੱਤੀ ਪਾ।” ਅਤੇ ਪਤਰਸ ਨੇ ਉਸੇ ਤਰ੍ਹਾਂ ਹੀ ਕੀਤਾ। ਸਵਰਗਦੂਤ ਨੇ ਉਸ ਨੂੰ ਕਿਹਾ, “ਆਪਣੀ ਚਾਦਰ ਆਪਣੇ ਲੱਕ ਦੁਆਲੇ ਬੰਨ੍ਹ ਅਤੇ ਮੇਰੇ ਮਗਰ ਚੱਲ।”