1ਜਦ ਬਰਕਤਾਂ ਅਤੇ ਸਰਾਪਾਂ ਦੀਆਂ ਸਾਰੀਆਂ ਗੱਲਾਂ ਜਿਨ੍ਹਾਂ ਨੂੰ ਮੈਂ ਤੁਹਾਡੇ ਅੱਗੇ ਰੱਖਿਆ ਹੈ ਤੁਹਾਡੇ ਉੱਤੇ ਆਉਣਗੀਆਂ ਅਤੇ ਜਦ ਤੁਸੀਂ ਉਹਨਾਂ ਸਾਰੀਆਂ ਕੌਮਾਂ ਵਿੱਚ ਜਿਨ੍ਹਾਂ ਵਿੱਚ ਯਾਹਵੇਹ ਤੁਹਾਡਾ ਪਰਮੇਸ਼ਵਰ ਤੁਹਾਨੂੰ ਧੱਕ ਦੇਵੇਗਾ, ਇਨ੍ਹਾਂ ਗੱਲਾਂ ਨੂੰ ਆਪਣੇ ਮਨ ਵਿੱਚ ਯਾਦ ਕਰੋਗੇ
2ਅਤੇ ਜਦੋਂ ਤੁਸੀਂ ਅਤੇ ਤੁਹਾਡੇ ਬੱਚੇ ਆਪਣੇ ਪਰਮੇਸ਼ਵਰ ਯਾਹਵੇਹ ਵੱਲ ਮੁੜੋਗੇ ਅਤੇ ਉਸ ਨੂੰ ਆਪਣੇ ਸਾਰੇ ਦਿਲ ਅਤੇ ਆਪਣੀ ਪੂਰੀ ਜਾਨ ਨਾਲ ਮੰਨੋਗੇ, ਜਿਵੇਂ ਮੈਂ ਅੱਜ ਤੁਹਾਨੂੰ ਹੁਕਮ ਦਿੰਦਾ ਹਾਂ,
3ਤਦ ਯਾਹਵੇਹ ਤੁਹਾਡਾ ਪਰਮੇਸ਼ਵਰ ਤੁਹਾਡੀ ਗੁਲਾਮੀ ਨੂੰ ਮੁੜ ਬਹਾਲ ਕਰੇਗਾ ਅਤੇ ਤੁਹਾਡੇ ਉੱਤੇ ਰਹਿਮ ਕਰੇਗਾ ਅਤੇ ਤੁਹਾਨੂੰ ਉਹਨਾਂ ਸਾਰੀਆਂ ਕੌਮਾਂ ਵਿੱਚੋਂ ਜਿੱਥੇ ਉਸ ਨੇ ਤੁਹਾਨੂੰ ਖਿੰਡਾ ਦਿੱਤਾ ਸੀ ਇੱਕਠੇ ਕਰੇਗਾ।
4ਭਾਵੇਂ ਤੁਹਾਨੂੰ ਅਕਾਸ਼ ਦੇ ਹੇਠਾਂ ਸਭ ਤੋਂ ਦੂਰ ਦੇਸ਼ ਵਿੱਚ ਸੁੱਟ ਦਿੱਤਾ ਗਿਆ ਹੋਵੇ, ਉੱਥੋਂ ਵੀ ਯਾਹਵੇਹ ਤੁਹਾਡਾ ਪਰਮੇਸ਼ਵਰ ਤੁਹਾਨੂੰ ਇਕੱਠਾ ਕਰੇਗਾ ਅਤੇ ਤੁਹਾਨੂੰ ਵਾਪਸ ਲਿਆਵੇਗਾ।
5ਯਾਹਵੇਹ ਤੁਹਾਨੂੰ ਉਸ ਧਰਤੀ ਉੱਤੇ ਲਿਆਵੇਗਾ ਜਿਹੜੀ ਤੁਹਾਡੇ ਪੁਰਖਿਆਂ ਦੀ ਸੀ ਅਤੇ ਤੁਸੀਂ ਉਸ ਉੱਤੇ ਕਬਜ਼ਾ ਕਰ ਲਵੋਂਗੇ। ਉਹ ਤੁਹਾਨੂੰ ਤੁਹਾਡੇ ਪੁਰਖਿਆਂ ਨਾਲੋਂ ਵਧੇਰੇ ਖੁਸ਼ਹਾਲ ਅਤੇ ਅਣਗਿਣਤ ਬਣਾ ਦੇਵੇਗਾ।