1ਜਦ ਮਾਰਦਕਈ ਨੂੰ ਉਨ੍ਹਾਂ ਸਾਰੀਆਂ ਗੱਲਾਂ ਬਾਰੇ ਪਤਾ ਲੱਗਿਆ, ਜਿਹੜੀਆਂ ਕੀਤੀਆਂ ਗਈਆਂ ਸਨ ਤਾਂ ਮਾਰਦਕਈ ਨੇ ਦੁਖੀ ਹੋ ਕੇ ਆਪਣੇ ਕੱਪੜੇ ਫਾੜ ਕੇ, ਤੱਪੜ ਪਹਿਣ ਲਿਆਂ ਅਤੇ ਆਪਣੇ ਸਿਰ ਉੱਤੇ ਸੁਆਹ ਪਾ ਲਈ ਤੇ ਸ਼ਹਿਰ ਦੇ ਵਿਚਕਾਰ ਜਾ ਕੇ ਉੱਚੀ-ਉੱਚੀ ਦੁੱਖ ਭਰੇ ਸ਼ਬਦਾਂ ਨਾਲ ਦੁਹਾਈ ਦੇਣ ਲੱਗਾ।
2ਪਰ ਉਹ ਰਾਜੇ ਦੇ ਦਰਵਾਜ਼ੇ ਤੱਕ ਹੀ ਗਿਆ ਕਿਉਂ ਜੋ ਤੱਪੜ ਪਹਿਨੇ ਕਿਸੇ ਨੂੰ ਵੀ ਅੰਦਰ ਜਾਣ ਦੀ ਇਜਾਜ਼ਤ ਨਹੀਂ ਸੀ।
3ਹਰ ਸੂਬੇ ਵਿੱਚ ਜਿੱਥੇ ਕਿਤੇ ਰਾਜਾ ਦਾ ਹੁਕਮ ਅਤੇ ਨਿਯਮ ਗਿਆ, ਉੱਥੇ ਯਹੂਦੀ ਵੱਡਾ ਵਿਰਲਾਪ ਕਰਨ, ਵਰਤ ਰੱਖਣ ਅਤੇ ਰੋਣ-ਪਿੱਟਣ ਲੱਗੇ ਅਤੇ ਬਹੁਤ ਹਾਹਾਕਾਰ ਮੱਚ ਗਿਆ ਅਤੇ ਬਹੁਤੇ ਤੱਪੜ ਪਾ ਕੇ ਸੁਆਹ ਵਿੱਚ ਬੈਠ ਗਏ।
4ਰਾਣੀ ਏਸਤੇਰ ਦੀਆਂ ਸਹੇਲੀਆਂ ਅਤੇ ਉਸ ਦੇ ਖੁਸਰਿਆਂ ਨੇ ਜਾ ਕੇ ਉਸ ਨੂੰ ਮਾਰਦਕਈ ਬਾਰੇ ਦੱਸਿਆ। ਤਦ ਰਾਣੀ ਬਹੁਤ ਦੁਖੀ ਹੋਈ ਅਤੇ ਉਸ ਨੇ ਕੱਪੜੇ ਭੇਜ ਕੇ ਮਾਰਦਕਈ ਨੂੰ ਇਹ ਸੁਨੇਹਾ ਭੇਜਿਆ ਕਿ ਤੱਪੜ ਉਤਾਰ ਕੇ ਇਨ੍ਹਾਂ ਕੱਪੜਿਆਂ ਨੂੰ ਪਹਿਨ ਲਵੇ ਪਰ ਉਸ ਨੇ ਕਬੂਲ ਨਾ ਕੀਤੇ।
5ਤਦ ਏਸਤੇਰ ਨੇ ਰਾਜੇ ਦੇ ਖੁਸਰਿਆਂ ਵਿੱਚੋਂ ਇੱਕ ਹਥਾਕ ਨੂੰ ਬੁਲਾਇਆ ਅਤੇ ਉਸ ਨੂੰ ਹੁਕਮ ਦਿੱਤਾ ਕਿ ਉਹ ਪਤਾ ਕਰੇ ਕਿ ਮਾਰਦਕਈ ਨੂੰ ਕੀ ਪਰੇਸ਼ਾਨੀ ਹੈ ਅਤੇ ਇਸ ਦਾ ਕੀ ਕਾਰਨ ਹੈ?