21ਜਦੋਂ ਜੀਵ ਤੁਰਦੇ ਸਨ, ਤਾਂ ਪਹੀਏ ਵੀ ਚੱਲਦੇ ਸਨ ਅਤੇ ਜਦੋਂ ਜੀਵ ਰੁੱਕਦੇ ਸਨ, ਤਾਂ ਪਹੀਏ ਵੀ ਰੁੱਕ ਜਾਂਦੇ ਸਨ ਅਤੇ ਜਦੋਂ ਉਹ ਧਰਤੀ ਤੋਂ ਚੁੱਕੇ ਜਾਂਦੇ ਸਨ, ਤਾਂ ਉਹ ਪਹੀਏ ਵੀ ਉਹਨਾਂ ਦੇ ਨਾਲ ਚੁੱਕੇ ਜਾਂਦੇ ਸਨ, ਕਿਉਂ ਜੋ ਜੀਵਾਂ ਦਾ ਆਤਮਾ ਪਹੀਆਂ ਦੇ ਵਿੱਚ ਸੀ।
22ਜੀਵਾਂ ਦੇ ਸਿਰ ਉੱਤੇ ਅੰਬਰ ਸੀ, ਉਹ ਬਲੌਰ ਦੇ ਰੰਗ ਵਰਗਾ ਸੀ ਅਤੇ ਉਹਨਾਂ ਦੇ ਸਿਰਾਂ ਦੇ ਉੱਪਰ ਤਾਣਿਆ ਹੋਇਆ ਸੀ।
23ਉਸ ਅੰਬਰ ਦੇ ਹੇਠਾਂ ਉਹਨਾਂ ਦੇ ਖੰਭ ਇੱਕ-ਦੂਜੇ ਦੀ ਸੇਧ ਵਿੱਚ ਸਨ, ਹਰੇਕ ਦੇ ਦੋਵਾਂ ਖੰਭਾ ਨਾਲ ਉਹਨਾਂ ਦਾ ਇੱਕ ਪਾਸਾ ਢੱਕਿਆ ਹੋਇਆ ਸੀ ਅਤੇ ਦੋਵਾਂ ਨਾਲ ਉਹਨਾਂ ਦੇ ਸਰੀਰ ਦਾ ਦੂਜਾ ਪਾਸਾ ਢੱਕਿਆ ਹੋਇਆ ਸੀ।
24ਜਦੋਂ ਜੀਵ ਹਿੱਲ ਗਏ, ਮੈਂ ਉਹਨਾਂ ਦੇ ਖੰਭਾਂ ਦੀ ਆਵਾਜ਼ ਸੁਣੀ, ਜਿਵੇਂ ਕਿ ਤੇਜ਼ ਪਾਣੀ ਦੀ ਗਰਜ, ਸਰਵਸ਼ਕਤੀਮਾਨ ਦੀ ਆਵਾਜ਼ ਵਰਗੀ, ਸੈਨਾ ਦੀ ਹਲ-ਚਲ ਵਰਗੀ। ਜਦੋਂ ਉਹ ਸ਼ਾਂਤ ਹੋਏ, ਉਹਨਾਂ ਨੇ ਆਪਣੇ ਖੰਭ ਹੇਠਾਂ ਕਰ ਲਏ।
25ਉਸ ਅੰਬਰ ਵਿੱਚੋਂ ਜਿਹੜਾ ਉਹਨਾਂ ਦੇ ਸਿਰਾਂ ਉੱਤੇ ਸੀ, ਇੱਕ ਆਵਾਜ਼ ਆਉਂਦੀ ਸੀ ਅਤੇ ਜਦੋਂ ਉਹ ਖੜ੍ਹੇ ਹੁੰਦੇ ਸਨ, ਤਾਂ ਆਪਣੇ ਖੰਭਾਂ ਨੂੰ ਲਮਕਾ ਲੈਂਦੇ ਸਨ।