12ਅਤੇ ਤੁਸੀਂ ਜਾਣ ਜਾਵੋਗੇ ਕਿ ਮੈਂ ਯਾਹਵੇਹ ਹਾਂ, ਕਿਉਂਕਿ ਤੁਸੀਂ ਮੇਰੇ ਫ਼ਰਮਾਨਾਂ ਦੀ ਪਾਲਣਾ ਨਹੀਂ ਕੀਤੀ ਜਾਂ ਮੇਰੇ ਨਿਯਮਾਂ ਦੀ ਪਾਲਣਾ ਨਹੀਂ ਕੀਤੀ ਪਰ ਆਪਣੇ ਆਲੇ-ਦੁਆਲੇ ਦੀਆਂ ਕੌਮਾਂ ਦੇ ਮਿਆਰਾਂ ਦੇ ਅਨੁਸਾਰ ਚੱਲਿਆ ਹੈ।”
13ਹੁਣ ਜਦੋਂ ਮੈਂ ਭਵਿੱਖਬਾਣੀ ਕਰ ਰਿਹਾ ਸੀ ਤਾਂ ਬਨਾਯਾਹ ਦਾ ਪੁੱਤਰ ਪਲਟਯਾਹ ਮਰ ਗਿਆ। ਫਿਰ ਮੈਂ ਹੇਠਾਂ ਡਿੱਗ ਪਿਆ ਅਤੇ ਉੱਚੀ ਆਵਾਜ਼ ਵਿੱਚ ਚੀਕਿਆ, “ਹਾਏ, ਸਰਬਸ਼ਕਤੀਮਾਨ ਯਾਹਵੇਹ! ਕੀ ਤੂੰ ਇਸਰਾਏਲ ਦੇ ਬਕੀਏ ਨੂੰ ਪੂਰੀ ਤਰ੍ਹਾਂ ਤਬਾਹ ਕਰ ਦੇਵੇਗਾ?”
14ਯਾਹਵੇਹ ਦਾ ਬਚਨ ਮੇਰੇ ਕੋਲ ਆਇਆ:
15“ਹੇ ਮਨੁੱਖ ਦੇ ਪੁੱਤਰ, ਯੇਰੂਸ਼ਲੇਮ ਦੇ ਲੋਕਾਂ ਨੇ ਤੇਰੇ ਸਾਥੀ ਗ਼ੁਲਾਮਾਂ ਅਤੇ ਹੋਰ ਸਾਰੇ ਇਸਰਾਏਲੀਆਂ ਬਾਰੇ ਕਿਹਾ ਹੈ, ‘ਉਹ ਯਾਹਵੇਹ ਤੋਂ ਬਹੁਤ ਦੂਰ ਹਨ; ਇਹ ਜ਼ਮੀਨ ਸਾਨੂੰ ਸਾਡੇ ਕਬਜ਼ੇ ਵਜੋਂ ਦਿੱਤੀ ਗਈ ਸੀ।’
16“ਇਸ ਲਈ ਤੂੰ ਆਖ: ‘ਕਿ ਸਰਬਸ਼ਕਤੀਮਾਨ ਯਾਹਵੇਹ ਇਹ ਆਖਦਾ ਹੈ: ਕਿ ਭਾਵੇਂ ਮੈਂ ਉਹਨਾਂ ਨੂੰ ਕੌਮਾਂ ਦੇ ਵਿੱਚ ਭੇਜ ਦਿੱਤਾ ਹੈ ਅਤੇ ਦੂਜੇ ਦੇਸ਼ਾਂ ਵਿੱਚ ਖਿਲਾਰ ਦਿੱਤਾ ਹੈ, ਪਰ ਮੈਂ ਉਹਨਾਂ ਲਈ ਉਹਨਾਂ ਦੇਸ਼ਾਂ ਵਿੱਚ ਜਿੱਥੇ-ਜਿੱਥੇ ਉਹ ਗਏ ਹਨ, ਥੋੜੇ ਸਮੇਂ ਲਈ ਇੱਕ ਪਵਿੱਤਰ ਸਥਾਨ ਹੋਵਾਂਗਾ।’