8ਅਜਿਹਾ ਹੋਵੇਗਾ ਕਿ ਜਿਵੇਂ ਭੁੱਖਾ ਸੁਫ਼ਨਾ ਵੇਖਦਾ ਹੈ, ਕਿ ਵੇਖੋ, ਮੈਂ ਖਾ ਰਿਹਾ ਹਾਂ, ਪਰ ਜਦ ਉਹ ਜਾਗਦਾ ਹੈ, ਤਾਂ ਉਹ ਭੁੱਖਾ ਹੀ ਹੈ; ਜਾਂ ਜਿਵੇਂ ਤਿਹਾਇਆ ਸੁਫ਼ਨਾ ਵੇਖਦਾ ਹੈ, ਕਿ ਵੇਖੋ, ਮੈਂ ਪੀ ਰਿਹਾ ਹਾਂ। ਪਰ ਜਦ ਉਹ ਜਾਗਦਾ, ਤਾਂ ਵੇਖੋ, ਉਹ ਹੁੱਸਿਆ ਹੋਇਆ ਅਤੇ ਉਹ ਦਾ ਜੀ ਤਿਹਾਇਆ ਹੁੰਦਾ ਹੈ। ਤਿਵੇਂ ਹੀ ਉਨ੍ਹਾਂ ਸਾਰੀਆਂ ਕੌਮਾਂ ਦੇ ਦਲ ਨਾਲ ਹੋਵੇਗਾ, ਜਿਹੜੀਆਂ ਸੀਯੋਨ ਪਰਬਤ ਨਾਲ ਲੜਦੀਆਂ ਹਨ।
9ਠਹਿਰੋ ਅਤੇ ਹੈਰਾਨ ਹੋਵੋ, ਮੌਜਾਂ ਲੁੱਟੋ ਅਤੇ ਅੰਨ੍ਹੇ ਹੋ ਜਾਓ; ਮਤਵਾਲੇ ਹੋਵੋ ਪਰ ਦਾਖ਼ਰਸ ਨਾਲ ਨਹੀਂ, ਡਗਮਗਾਓ, ਪਰ ਸ਼ਰਾਬ ਨਾਲ ਨਹੀਂ।
10ਯਾਹਵੇਹ ਨੇ ਤਾਂ ਤੁਹਾਡੇ ਉੱਤੇ ਗੂੜ੍ਹੀ ਨੀਂਦ ਦੀ ਰੂਹ ਵਹਾ ਦਿੱਤੀ ਹੈ: ਅਤੇ ਤੁਹਾਡੀਆਂ ਅੱਖਾਂ ਨੂੰ ਅਰਥਾਤ ਨਬੀ ਰੂਪੀ ਅੱਖਾਂ ਨੂੰ ਬੰਦ ਕੀਤਾ; ਅਤੇ ਤੁਹਾਡੇ ਸਿਰਾਂ ਨੂੰ ਅਰਥਾਤ ਦਰਸ਼ੀਆਂ ਨੂੰ ਕੱਜ ਦਿੱਤਾ ਹੈ।
11ਸਾਰਾ ਦਰਸ਼ਣ ਤੁਹਾਡੇ ਲਈ ਉਸ ਮੋਹਰ ਲੱਗੀ ਹੋਈ ਪੁਸਤਕ ਦੀਆਂ ਗੱਲਾਂ ਵਾਂਗੂੰ ਹੈ, ਜਿਹੜੀ ਉਹ ਕਿਸੇ ਪੜ੍ਹੇ ਹੋਏ ਨੂੰ ਇਹ ਆਖ ਕੇ ਦੇਣ ਕਿ ਇਹ ਨੂੰ “ਪੜ੍ਹੋ ਤਾਂ,” ਪਰ ਉਹ ਆਖੇ, “ਮੈਂ ਪੜ੍ਹ ਨਹੀਂ ਸਕਦਾ; ਕਿਉਂ ਜੋ ਉਹ ਨੂੰ ਮੋਹਰ ਲੱਗੀ ਹੋਈ ਹੈ।”
12ਜਾਂ ਜੇਕਰ ਤੁਸੀਂ ਕਿਸੇ ਅਜਿਹੇ ਵਿਅਕਤੀ ਨੂੰ ਪੱਤਰੀ ਦਿਓ ਜੋ ਪੜ੍ਹ ਨਹੀਂ ਸਕਦਾ ਹੈ ਅਤੇ ਕਹੇਗਾ, “ਕਿਰਪਾ ਕਰਕੇ ਇਸਨੂੰ ਪੜ੍ਹੋ,” ਤਾਂ ਉਹ ਜਵਾਬ ਦੇਣਗੇ, “ਮੈਨੂੰ ਪੜ੍ਹਨਾ ਨਹੀਂ ਆਉਂਦਾ।”