3ਤਦ ਹਿਲਕੀਯਾਹ ਦਾ ਪੁੱਤਰ ਅਲਯਾਕੀਮ ਜਿਹੜਾ ਮਹਿਲ ਦਾ ਪ੍ਰਬੰਧਕ ਸੀ ਅਤੇ ਸ਼ਬਨਾ ਮੁਨੀਮ ਅਤੇ ਆਸਾਫ਼ ਦਾ ਪੁੱਤਰ ਯੋਆਹ ਜੋ ਲਿਖਾਰੀ ਸੀ, ਇਹ ਤਿੰਨੋਂ ਉਸ ਨੂੰ ਮਿਲਣ ਲਈ ਬਾਹਰ ਆਏ।
4ਮੈਦਾਨ ਦੇ ਸੈਨਾਪਤੀ ਨੇ ਉਨ੍ਹਾਂ ਨੂੰ ਕਿਹਾ, “ਹਿਜ਼ਕੀਯਾਹ ਨੂੰ ਆਖੋ: “ ‘ਅੱਸ਼ੂਰ ਦਾ ਰਾਜਾ ਇਹ ਆਖਦਾ ਹੈ, ਤੂੰ ਕਿਸ ਗੱਲ ਉੱਤੇ ਭਰੋਸਾ ਰੱਖੀ ਬੈਠਾ ਹੈ?
5ਤੂੰ ਕਹਿੰਦਾ ਹੈ ਕਿ ਤੇਰੇ ਕੋਲ ਯੁੱਧ ਲਈ ਸਲਾਹ ਅਤੇ ਤਾਕਤ ਹੈ, ਪਰ ਤੂੰ ਸਿਰਫ ਖਾਲੀ ਸ਼ਬਦ ਬੋਲਦਾ ਹੈ। ਤੂੰ ਕਿਸ ਉੱਤੇ ਨਿਰਭਰ ਹੈ ਜੋ ਤੂੰ ਮੇਰੇ ਵਿਰੁੱਧ ਬਗਾਵਤ ਕਰ ਰਿਹਾ ਹੈ?
6ਵੇਖ, ਮੈਂ ਜਾਣਦਾ ਹਾਂ ਕਿ ਤੂੰ ਮਿਸਰ ਉੱਤੇ ਨਿਰਭਰ ਹੈ, ਮਿਸਰ ਦਾ ਰਾਜਾ ਫ਼ਿਰਾਊਨ ਉਹਨਾਂ ਸਾਰਿਆਂ ਲਈ ਜੋ ਉਸ ਉੱਤੇ ਨਿਰਭਰ ਹਨ, ਇੱਕ ਕਾਨੇ ਦੀ ਤਰ੍ਹਾਂ ਹੈ ਜੇ ਕੋਈ ਮਨੁੱਖ ਉਸਨੂੰ ਢਾਸਣਾ ਲਾਵੇ ਤਾਂ ਉਹ ਉਸਦੇ ਹੱਥ ਵਿੱਚ ਖੁੱਭ ਕੇ ਉਸਨੂੰ ਪਾੜ ਦੇਵੇ।
7ਪਰ ਜੇ ਤੁਸੀਂ ਮੈਨੂੰ ਆਖੋ, “ਅਸੀਂ ਆਪਣੇ ਯਾਹਵੇਹ ਪਰਮੇਸ਼ਵਰ ਉੱਤੇ ਨਿਰਭਰ ਹਾਂ” ਕੀ ਉਹ ਉਹੀ ਨਹੀਂ ਹੈ ਜਿਸ ਦੇ ਉੱਚੇ ਸਥਾਨਾਂ ਅਤੇ ਜਗਵੇਦੀਆਂ ਨੂੰ ਹਿਜ਼ਕੀਯਾਹ ਨੇ ਹਟਾ ਦਿੱਤਾ, ਯਹੂਦਾਹ ਅਤੇ ਯੇਰੂਸ਼ਲੇਮ ਨੂੰ ਕਿਹਾ, “ਤੁਹਾਨੂੰ ਯੇਰੂਸ਼ਲੇਮ ਵਿੱਚ ਇਸ ਜਗਵੇਦੀ ਦੇ ਅੱਗੇ ਮੱਥਾ ਟੇਕਣਾ ਚਾਹੀਦਾ ਹੈ”?