1ਉਨ੍ਹਾਂ ਦਿਨਾਂ ਵਿੱਚ ਹਿਜ਼ਕੀਯਾਹ ਬਿਮਾਰ ਹੋ ਗਿਆ ਅਤੇ ਮੌਤ ਦੇ ਮੂੰਹ ਵਿੱਚ ਜਾ ਪਹੁੰਚਿਆ ਸੀ, ਤਾਂ ਆਮੋਸ ਦਾ ਪੁੱਤਰ ਯਸ਼ਾਯਾਹ ਨਬੀ ਉਹ ਦੇ ਕੋਲ ਆਇਆ ਅਤੇ ਉਹ ਨੂੰ ਆਖਿਆ, “ਯਾਹਵੇਹ ਇਹ ਆਖਦਾ ਹੈ ਕਿ ਤੂੰ ਆਪਣੇ ਘਰਾਣੇ ਉੱਤੇ ਜ਼ਿੰਮੇਵਾਰੀ ਪਾ, ਕਿਉਂ ਜੋ ਤੂੰ ਮਰਨ ਵਾਲਾ ਹੈ ਅਤੇ ਬਚੇਗਾ ਨਹੀਂ।”
2ਹਿਜ਼ਕੀਯਾਹ ਨੇ ਆਪਣਾ ਮੂੰਹ ਕੰਧ ਵੱਲ ਮੋੜਿਆ ਅਤੇ ਯਾਹਵੇਹ ਅੱਗੇ ਪ੍ਰਾਰਥਨਾ ਕੀਤੀ,
3“ਅਤੇ ਆਖਿਆ, ਹੇ ਯਾਹਵੇਹ, ਯਾਦ ਕਰੀਂ ਕਿ ਮੈਂ ਕਿਵੇਂ ਤੇਰੇ ਹਜ਼ੂਰ ਵਫ਼ਾਦਾਰੀ ਅਤੇ ਦਿਲ ਦੀ ਖਰਿਆਈ ਨਾਲ ਚੱਲਦਾ ਰਿਹਾ ਹਾਂ ਅਤੇ ਜੋ ਤੇਰੀ ਨਿਗਾਹ ਵਿੱਚ ਭਲਾ ਹੈ ਉਹੋ ਮੈਂ ਕੀਤਾ ਹੈ।” ਤਦ ਹਿਜ਼ਕੀਯਾਹ ਭੁੱਬਾਂ ਮਾਰ-ਮਾਰ ਕੇ ਰੋਇਆ।
4ਤਦ ਯਾਹਵੇਹ ਦਾ ਬਚਨ ਯਸ਼ਾਯਾਹ ਕੋਲ ਆਇਆ:
5“ਜਾ ਅਤੇ ਹਿਜ਼ਕੀਯਾਹ ਨੂੰ ਆਖ, ‘ਯਾਹਵੇਹ ਤੇਰੇ ਪਿਤਾ ਦਾਵੀਦ ਦਾ ਪਰਮੇਸ਼ਵਰ ਇਹ ਆਖਦਾ ਹੈ ਕਿ ਮੈਂ ਤੇਰੀ ਪ੍ਰਾਰਥਨਾ ਸੁਣੀ ਹੈ ਅਤੇ ਤੇਰੇ ਹੰਝੂ ਵੇਖੇ ਹਨ; ਮੈਂ ਤੇਰੀ ਉਮਰ ਵਿੱਚ ਪੰਦਰਾਂ ਸਾਲ ਹੋਰ ਵਧਾ ਦਿਆਂਗਾ।