17ਪਿੱਤਲ ਦੀ ਥਾਂ ਮੈਂ ਸੋਨਾ ਅਤੇ ਲੋਹੇ ਦੀ ਥਾਂ ਮੈਂ ਚਾਂਦੀ ਲਿਆਵਾਂਗਾ, ਲੱਕੜੀ ਦੇ ਥਾਂ ਪਿੱਤਲ ਅਤੇ ਪੱਥਰਾਂ ਦੇ ਥਾਂ ਲੋਹਾ ਲਿਆਵਾਂਗਾ, ਮੈਂ ਸ਼ਾਂਤੀ ਨੂੰ ਤੇਰਾ ਹਾਕਮ ਅਤੇ ਸੁੱਖ ਨੂੰ ਤੇਰਾ ਧਰਮ ਬਣਾਵਾਂਗਾ।
18ਹੁਣ ਤੁਹਾਡੇ ਦੇਸ਼ ਵਿੱਚ ਹਿੰਸਾ ਸੁਣਾਈ ਨਹੀਂ ਦੇਵੇਗੀ, ਨਾ ਤੁਹਾਡੀਆਂ ਹੱਦਾਂ ਵਿੱਚ ਬਰਬਾਦੀ ਜਾਂ ਤਬਾਹੀ, ਪਰ ਤੁਸੀਂ ਆਪਣੀਆਂ ਕੰਧਾਂ ਨੂੰ ਮੁਕਤੀ ਅਤੇ ਤੁਹਾਡੇ ਦਰਵਾਜ਼ਿਆਂ ਨੂੰ ਉਸਤਤ ਕਹੋਗੇ।
19ਫੇਰ ਦਿਨ ਨੂੰ ਸੂਰਜ ਤੇਰਾ ਚਾਨਣ ਨਾ ਹੋਵੇਗਾ, ਨਾ ਚੰਦ ਉਜਾਲੇ ਲਈ ਤੈਨੂੰ ਚਾਨਣ ਦੇਵੇਗਾ, ਪਰ ਯਾਹਵੇਹ ਤੇਰਾ ਸਦੀਪਕ ਚਾਨਣ ਹੋਵੇਗਾ, ਅਤੇ ਤੇਰਾ ਪਰਮੇਸ਼ਵਰ ਤੇਰੀ ਸ਼ੋਭਾ ਠਹਿਰੇਗਾ।
20ਤੇਰਾ ਸੂਰਜ ਫੇਰ ਨਹੀਂ ਲੱਥੇਗਾ, ਨਾ ਤੇਰੇ ਲਈ ਚੰਦ ਦੀ ਰੋਸ਼ਨੀ ਘੱਟ ਹੋਵੇਗੀ, ਕਿਉਂ ਜੋ ਯਾਹਵੇਹ ਜੋ ਤੇਰੇ ਲਈ ਸਦੀਪਕ ਚਾਨਣ ਹੋਵੇਗਾ, ਅਤੇ ਤੇਰੇ ਸੋਗ ਦੇ ਦਿਨ ਮੁੱਕ ਜਾਣਗੇ।
21ਤੇਰੇ ਸਾਰੇ ਲੋਕ ਧਰਮੀ ਹੋਣਗੇ, ਉਹ ਧਰਤੀ ਨੂੰ ਸਦਾ ਲਈ ਵੱਸ ਵਿੱਚ ਰੱਖਣਗੇ, ਉਹ ਮੇਰੇ ਲਾਏ ਹੋਏ ਬੂਟੇ ਅਤੇ ਮੇਰੇ ਹੱਥਾਂ ਦਾ ਕੰਮ ਠਹਿਰਣਗੇ ਤਾਂ ਜੋ ਮੇਰੀ ਸ਼ੋਭਾ ਪਰਗਟ ਹੋਵੇ।