28ਤਦ ਯਿਸ਼ੂ ਨੇ ਕਿਹਾ, “ਜਦੋਂ ਤੁਸੀਂ ਮਨੁੱਖ ਦੇ ਪੁੱਤਰ ਨੂੰ ਸਲੀਬ ਤੇ ਉੱਚਾ ਚੁੱਕੋਗੇ, ਤਾਂ ਤੁਸੀਂ ਜਾਣ ਜਾਵੋਂਗੇ ਕਿ ਮੈਂ ਉਹੀ ਹਾਂ ਅਤੇ ਮੈਂ ਆਪਣੇ ਆਪ ਕੁਝ ਨਹੀਂ ਕਰਦਾ ਪਰ ਜੋ ਕੁਝ ਪਿਤਾ ਨੇ ਮੈਨੂੰ ਸਿਖਾਇਆ ਹੈ ਉਹੀ ਬੋਲਦਾ ਹਾਂ।
29ਜਿਸ ਨੇ ਮੈਨੂੰ ਭੇਜਿਆ ਹੈ ਉਹ ਮੇਰੇ ਨਾਲ ਹੈ। ਉਸ ਨੇ ਮੈਨੂੰ ਇਕੱਲਾ ਨਹੀਂ ਛੱਡਿਆ, ਕਿਉਂਕਿ ਮੈਂ ਹਮੇਸ਼ਾ ਉਹੀ ਕਰਦਾ ਹਾਂ ਜੋ ਉਸ ਨੂੰ ਪਸੰਦ ਹੈ।”
30ਜਦੋਂ ਉਹ ਬੋਲ ਰਿਹਾ ਸੀ, ਬਹੁਤ ਸਾਰੇ ਲੋਕਾਂ ਨੇ ਉਸ ਤੇ ਵਿਸ਼ਵਾਸ ਕੀਤਾ।
31ਯਿਸ਼ੂ ਨੇ ਉਹਨਾਂ ਯਹੂਦੀਆਂ ਨੂੰ ਕਿਹਾ ਜਿਨ੍ਹਾਂ ਨੇ ਉਸ ਤੇ ਵਿਸ਼ਵਾਸ ਕੀਤਾ ਸੀ, “ਜੇ ਤੁਸੀਂ ਮੇਰੀ ਸਿੱਖਿਆ ਨੂੰ ਮੰਨੋਂਗੇ, ਤਾਂ ਤੁਸੀਂ ਸੱਚ-ਮੁੱਚ ਮੇਰੇ ਚੇਲੇ ਹੋ।
32ਤਦ ਤੁਸੀਂ ਸੱਚ ਨੂੰ ਜਾਣ ਜਾਵੋਂਗੇ ਅਤੇ ਸੱਚ ਤੁਹਾਨੂੰ ਅਜ਼ਾਦ ਕਰ ਦੇਵੇਗਾ।”