15ਜਦੋਂ ਯਿਸ਼ੂ ਲੇਵੀ ਦੇ ਘਰ ਭੋਜਨ ਖਾ ਰਹੇ ਸਨ, ਤਾਂ ਬਹੁਤ ਸਾਰੇ ਚੁੰਗੀ ਲੈਣ ਵਾਲੇ ਅਤੇ ਪਾਪੀ ਵਿਅਕਤੀ ਯਿਸ਼ੂ ਅਤੇ ਉਹ ਦੇ ਚੇਲਿਆਂ ਦੇ ਨਾਲ ਭੋਜਨ ਕਰ ਰਹੇ ਸਨ। ਇੱਕ ਵੱਡੀ ਗਿਣਤੀ ਵਿੱਚ ਲੋਕ ਉਹ ਦੇ ਪਿੱਛੇ ਤੁਰ ਪਏ ਸਨ।
16ਜਦੋਂ ਯਿਸ਼ੂ ਨੂੰ ਪਾਪੀਆਂ ਅਤੇ ਚੁੰਗੀ ਲੈਣ ਵਾਲਿਆਂ ਦੇ ਨਾਲ ਭੋਜਨ ਕਰਦੇ ਵੇਖਿਆ ਤਾਂ ਕੁਝ ਫ਼ਰੀਸੀਆਂ ਅਤੇ ਨੇਮ ਦੇ ਉਪਦੇਸ਼ਕਾਂ ਨੇ, ਉਸਦੇ ਚੇਲਿਆਂ ਨੂੰ ਪੁੱਛਿਆ, “ਇਹ ਚੂੰਗੀ ਲੈਣ ਵਾਲਿਆਂ ਅਤੇ ਪਾਪੀਆਂ ਨਾਲ ਕਿਉਂ ਖਾਂਦਾ ਹੈ?”
17ਇਹ ਸੁਣ ਕੇ ਯਿਸ਼ੂ ਨੇ ਉਹਨਾਂ ਨੂੰ ਕਿਹਾ, “ਵੈਦ ਦੀ ਜ਼ਰੂਰਤ ਤੰਦਰੁਸਤਾਂ ਨੂੰ ਨਹੀਂ ਪਰ ਰੋਗੀਆਂ ਨੂੰ ਹੁੰਦੀ ਹੈ। ਮੈਂ ਧਰਮੀਆਂ ਨੂੰ ਨਹੀਂ ਬਲਕਿ ਪਾਪੀਆਂ ਨੂੰ ਬੁਲਾਉਣ ਲਈ ਆਇਆ ਹਾਂ।”
18ਯੋਹਨ ਦੇ ਚੇਲੇ ਅਤੇ ਫ਼ਰੀਸੀ ਵਰਤ ਰੱਖਦੇ ਸਨ। ਕੁਝ ਲੋਕਾਂ ਨੇ ਆਣ ਕੇ ਯਿਸ਼ੂ ਤੋਂ ਪੁੱਛਿਆ, “ਅਜਿਹਾ ਕਿਉਂ ਹੈ ਕਿ ਯੋਹਨ ਦੇ ਚੇਲੇ ਅਤੇ ਫ਼ਰੀਸੀਆਂ ਦੇ ਚੇਲੇ ਤਾਂ ਵਰਤ ਰੱਖਦੇ ਹਨ ਪਰ ਤੁਹਾਡੇ ਚੇਲੇ ਨਹੀਂ?”
19ਯਿਸ਼ੂ ਨੇ ਉਹਨਾਂ ਨੂੰ ਉੱਤਰ ਦਿੱਤਾ, “ਜਦੋਂ ਤੱਕ ਲਾੜਾ ਬਰਾਤੀਆਂ ਦੇ ਨਾਲ ਹੈ ਭਲਾ ਓਹ ਵਰਤ ਰੱਖ ਸਕਦੇ ਹਨ? ਜਦੋਂ ਤੱਕ ਲਾੜਾ ਉਹਨਾਂ ਦੇ ਨਾਲ ਹੈ, ਉਹ ਵਰਤ ਨਹੀਂ ਰੱਖ ਸਕਦੇ ਹਨ।