21ਜਦੋਂ ਯਿਸ਼ੂ ਦੇ ਪਰਿਵਾਰ ਨੇ ਇਸ ਬਾਰੇ ਸੁਣਿਆ ਤਾਂ ਉਹ ਯਿਸ਼ੂ ਨੂੰ ਆਪਣੀ ਹਿਫਾਜ਼ਤ ਵਿੱਚ ਆਪਣੇ ਨਾਲ ਲੈ ਜਾਣ ਲਈ ਉੱਥੇ ਆ ਗਏ ਕਿਉਂਕਿ ਉਹਨਾਂ ਦਾ ਵਿਚਾਰ ਸੀ, “ਕਿ ਯਿਸ਼ੂ ਆਪਣੇ ਆਪੇ ਤੋਂ ਬਾਹਰ ਹੋ ਗਏ ਹਨ।”
22ਯੇਰੂਸ਼ਲੇਮ ਨਗਰ ਵੱਲੋਂ ਉੱਥੇ ਆਏ ਹੋਏ ਧਰਮ ਦੇ ਉਪਦੇਸ਼ਕਾਂ ਨੇ ਕਿਹਾ, “ਯਿਸ਼ੂ ਵਿੱਚ ਬੇਲਜ਼ਬੂਲ ਸਮਾਇਆ ਹੋਇਆ ਹੈ ਅਤੇ ਇਹ ਭੂਤਾਂ ਦੇ ਸਰਦਾਰ ਬੇਲਜ਼ਬੂਲ ਦੀ ਸਹਾਇਤਾ ਨਾਲ ਭੂਤਾਂ ਨੂੰ ਕੱਢਦਾ ਹੈ।”
23ਇਸ ਉੱਤੇ ਯਿਸ਼ੂ ਨੇ ਉਹਨਾਂ ਨੂੰ ਆਪਣੇ ਕੋਲ ਸੱਦ ਕੇ ਉਹਨਾਂ ਨੂੰ ਦ੍ਰਿਸ਼ਟਾਂਤ ਵਿੱਚ ਕਹਿਣਾ ਸ਼ੁਰੂ ਕੀਤਾ, “ਭਲਾ ਸ਼ੈਤਾਨ ਹੀ ਸ਼ੈਤਾਨ ਨੂੰ ਕਿਵੇਂ ਕੱਢ ਸਕਦਾ ਹੈ?
24ਜੇ ਕਿਸੇ ਰਾਜ ਵਿੱਚ ਫੁੱਟ ਪੈ ਜਾਵੇ ਤਾਂ ਉਹ ਰਾਜ ਬਣਿਆ ਨਹੀਂ ਰਹਿ ਸਕਦਾ।
25ਉਸੇ ਤਰ੍ਹਾਂ ਹੀ ਜੇ ਕਿਸੇ ਘਰ ਵਿੱਚ ਫੁੱਟ ਪੈ ਜਾਵੇ ਤਾਂ ਉਹ ਘਰ ਬਣਿਆ ਨਹੀਂ ਰਹਿੰਦਾ।