8ਜੇ ਤੇਰਾ ਹੱਥ ਜਾਂ ਤੇਰਾ ਪੈਰ ਠੋਕਰ ਖੁਆਵੇ, ਤਾਂ ਉਸ ਨੂੰ ਵੱਢ ਕੇ ਕਿਤੇ ਸੁੱਟ ਦੇ। ਕਿਉਂ ਜੋ ਤੁਹਾਡੇ ਲਈ ਟੁੰਡਾ ਜਾਂ ਲੰਗੜਾ ਹੋ ਕੇ ਸਦੀਪਕ ਜੀਵਨ ਵਿੱਚ ਦਾਖਲ ਹੋਣਾ ਇਸ ਨਾਲੋਂ ਚੰਗਾ ਹੈ, ਜੋ ਦੋ ਹੱਥ ਜਾਂ ਦੋ ਪੈਰ ਹੁੰਦਿਆਂ ਹੋਇਆ ਵੀ ਤੁਸੀਂ ਸਦੀਪਕ ਅੱਗ ਵਿੱਚ ਸੁੱਟੇ ਜਾਵੋਂ।
9ਅਤੇ ਜੇ ਤੇਰੀ ਅੱਖ ਤੈਨੂੰ ਠੋਕਰ ਖੁਵਾਉਂਦੀ ਹੈ, ਤਾਂ ਉਸ ਨੂੰ ਬਾਹਰ ਕੱਢ ਕੇ ਸੁੱਟ ਦੇ। ਦੋ ਅੱਖਾਂ ਹੁੰਦੇ ਹੋਏ ਨਰਕ ਦੀ ਅੱਗ ਵਿੱਚ ਸੁੱਟੇ ਜਾਣ ਨਾਲੋਂ ਤੁਹਾਡੇ ਲਈ ਇੱਕ ਅੱਖ ਨਾਲ ਜੀਵਨ ਵਿੱਚ ਦਾਖਲ ਹੋਣਾ ਚੰਗਾ ਹੈ।
10“ਵੇਖੋ, ਤੁਸੀਂ ਇਨ੍ਹਾਂ ਛੋਟਿਆਂ ਬੱਚਿਆਂ ਵਿੱਚੋਂ ਕਿਸੇ ਨੂੰ ਤੁੱਛ ਨਾ ਜਾਣੋ। ਕਿਉਂ ਜੋ ਮੈਂ ਤੁਹਾਨੂੰ ਆਖਦਾ ਹਾਂ ਕਿ ਸਵਰਗ ਵਿੱਚ ਉਹਨਾਂ ਦੇ ਦੂਤ ਮੇਰੇ ਪਿਤਾ ਦਾ ਜਿਹੜਾ ਸਵਰਗ ਵਿੱਚ ਹੈ ਮੂੰਹ ਹਮੇਸ਼ਾ ਵੇਖਦੇ ਹਨ।
11ਕਿਉਂਕਿ ਮਨੁੱਖ ਦਾ ਪੁੱਤਰ ਗੁਆਚੇ ਹੋਏ ਲੋਕਾਂ ਨੂੰ ਬਚਾਉਣ ਆਇਆ ਹੈ।”
12“ਤੁਸੀਂ ਕੀ ਸੋਚਦੇ ਹੋ? ਅਗਰ ਕਿਸੇ ਮਨੁੱਖ ਕੋਲ ਸੌ ਭੇਡਾਂ ਹੋਣ ਅਤੇ ਜੇ ਉਹਨਾਂ ਵਿੱਚੋਂ ਇੱਕ ਗੁਆਚ ਜਾਵੇ, ਤਾਂ ਕੀ ਉਹ ਨੜਿੰਨਵਿਆਂ ਨੂੰ ਪਹਾੜ ਉੱਤੇ ਛੱਡ ਕੇ ਉਸ ਗੁਆਚੀ ਹੋਈ ਨੂੰ ਲੱਭਣ ਲਈ ਨਹੀਂ ਜਾਵੇਗਾ?