23ਯਿਸ਼ੂ ਹੈਕਲ ਦੇ ਵਿਹੜੇ ਵਿੱਚ ਵੜਿਆ ਅਤੇ ਜਦੋਂ ਉਹ ਸਿੱਖਿਆ ਦੇ ਰਹੇ ਸੀ, ਤਦ ਮੁੱਖ ਜਾਜਕਾਂ ਅਤੇ ਲੋਕਾਂ ਦੇ ਬਜ਼ੁਰਗ ਉਸ ਦੇ ਕੋਲ ਆਏ। ਉਹਨਾਂ ਨੇ ਉਸ ਨੂੰ ਪੁੱਛਿਆ, “ਤੁਸੀਂ ਕਿਸ ਅਧਿਕਾਰ ਨਾਲ ਇਹ ਕੰਮ ਕਰ ਰਹੇ ਹੋ? ਅਤੇ ਤੁਹਾਨੂੰ ਇਹ ਅਧਿਕਾਰ ਕਿਸ ਨੇ ਦਿੱਤਾ?”
24ਯਿਸ਼ੂ ਨੇ ਜਵਾਬ ਦਿੱਤਾ, “ਮੈਂ ਵੀ ਤੁਹਾਡੇ ਤੋਂ ਇੱਕ ਪ੍ਰਸ਼ਨ ਪੁੱਛਦਾ ਹਾਂ। ਜੇ ਤੁਸੀਂ ਮੈਨੂੰ ਉੱਤਰ ਦਿਓ, ਮੈਂ ਵੀ ਤੁਹਾਨੂੰ ਦੱਸਾਂਗਾ ਕਿ ਮੈਂ ਕਿਸ ਅਧਿਕਾਰ ਨਾਲ ਇਹ ਕੰਮ ਕਰਦਾ ਹਾਂ।
25ਯੋਹਨ ਦਾ ਬਪਤਿਸਮਾ ਕਿੱਥੋਂ ਆਇਆ ਸੀ, ਸਵਰਗ ਵੱਲੋਂ ਜਾਂ ਮਨੁੱਖ ਵੱਲੋਂ?” ਉਹ ਆਪਸ ਵਿੱਚ ਇਸ ਬਾਰੇ ਵਿਚਾਰ ਕਰਕੇ ਕਹਿਣ ਲੱਗੇ, “ਜੇ ਅਸੀਂ ਆਖੀਏ, ‘ਸਵਰਗ ਵੱਲੋਂ,’ ਤਾਂ ਉਹ ਪੁੱਛੇਗਾ, ‘ਫਿਰ ਤੁਸੀਂ ਉਸ ਉੱਤੇ ਵਿਸ਼ਵਾਸ ਕਿਉਂ ਨਹੀਂ ਕੀਤਾ?’
26ਪਰ ਜੇ ਅਸੀਂ ਕਹਿੰਦੇ ਹਾਂ, ‘ਮਨੁੱਖ ਵੱਲੋਂ,’ ਤਾਂ ਲੋਕਾਂ ਤੋਂ ਡਰਦੇ ਹਾਂ, ਕਿਉਂਕਿ ਉਹ ਸਾਰੇ ਯੋਹਨ ਨੂੰ ਇੱਕ ਨਬੀ ਮੰਨਦੇ ਸਨ।”
27ਤਾਂ ਉਹਨਾਂ ਨੇ ਯਿਸ਼ੂ ਨੂੰ ਉੱਤਰ ਦਿੱਤਾ, “ਅਸੀਂ ਨਹੀਂ ਜਾਣਦੇ।” ਤਦ ਉਸ ਨੇ ਕਿਹਾ, “ਮੈਂ ਵੀ ਤੁਹਾਨੂੰ ਨਹੀਂ ਦੱਸਾਂਗਾ ਕਿ ਕਿਸ ਅਧਿਕਾਰ ਨਾਲ ਮੈਂ ਇਹ ਕੰਮ ਕਰ ਰਿਹਾ ਹਾਂ।