ਨਹਮਯਾਹ 1

1ਹਕਲਯਾਹ ਦੇ ਪੁੱਤਰ ਨਹਮਯਾਹ ਦੇ ਬਚਨ: ਇਸ ਤਰ੍ਹਾਂ ਹੋਇਆ ਕਿ ਵੀਹਵੇਂ ਸਾਲ ਦੇ ਕਿਸਲੇਵ ਮਹੀਨੇ ਵਿੱਚ, ਜਦ ਮੈਂ ਸ਼ੂਸ਼ਨ ਦੇ ਮਹਿਲ ਵਿੱਚ ਰਹਿੰਦਾ ਸੀ,

2ਤਦ ਮੇਰੇ ਭਰਾਵਾਂ ਵਿੱਚੋਂ ਹਨਾਨੀ ਅਤੇ ਯਹੂਦਾਹ ਤੋਂ ਆਏ ਹੋਏ ਕਈ ਮਨੁੱਖ ਮੇਰੇ ਕੋਲ ਆਏ, ਤਾਂ ਮੈਂ ਉਹਨਾਂ ਤੋਂ ਉਹਨਾਂ ਬਚੇ ਹੋਏ ਯਹੂਦੀਆਂ ਦੇ ਬਾਰੇ ਜੋ ਗ਼ੁਲਾਮੀ ਤੋਂ ਛੁੱਟ ਗਏ ਸਨ, ਅਤੇ ਯੇਰੂਸ਼ਲੇਮ ਦੇ ਬਾਰੇ ਪੁੱਛਿਆ।

3ਤਦ ਉਹਨਾਂ ਨੇ ਮੈਨੂੰ ਕਿਹਾ, “ਉਹ ਬਚੇ ਹੋਏ ਲੋਕ ਜਿਹੜੇ ਗ਼ੁਲਾਮੀ ਤੋਂ ਛੁੱਟ ਕੇ ਉਸ ਸੂਬੇ ਵਿੱਚ ਰਹਿੰਦੇ ਹਨ, ਉਹ ਬਹੁਤ ਦਰਦ ਵਿੱਚ ਹਨ ਅਤੇ ਉਹਨਾਂ ਦਾ ਨਿਰਾਦਰ ਹੁੰਦਾ ਹੈ, ਕਿਉਂਕਿ ਯੇਰੂਸ਼ਲੇਮ ਦੀਆਂ ਕੰਧਾਂ ਟੁੱਟੀਆਂ ਪਈਆਂ ਹਨ ਅਤੇ ਉਸ ਦੇ ਫਾਟਕ ਅੱਗ ਨਾਲ ਸੜੇ ਹੋਏ ਹਨ।”

4ਇਹ ਗੱਲਾਂ ਸੁਣ ਕੇ ਮੈਂ ਬੈਠ ਕੇ ਰੋਇਆ ਅਤੇ ਕੁਝ ਦਿਨਾਂ ਲਈ ਮੈਂ ਸੋਗ ਕੀਤਾ, ਵਰਤ ਰੱਖਿਆ ਅਤੇ ਸਵਰਗ ਦੇ ਪਰਮੇਸ਼ਵਰ ਅੱਗੇ ਪ੍ਰਾਰਥਨਾ ਕੀਤੀ।

5ਫਿਰ ਮੈਂ ਕਿਹਾ: “ਹੇ ਯਾਹਵੇਹ, ਸਵਰਗ ਦਾ ਪਰਮੇਸ਼ਵਰ, ਮਹਾਨ ਅਤੇ ਸ਼ਾਨਦਾਰ ਪਰਮੇਸ਼ਵਰ, ਜੋ ਆਪਣੇ ਪਿਆਰ ਦੇ ਨੇਮ ਨੂੰ ਉਹਨਾਂ ਨਾਲ ਰੱਖਦਾ ਹੈ ਜੋ ਉਸ ਨੂੰ ਪਿਆਰ ਕਰਦੇ ਹਨ ਅਤੇ ਉਸ ਦੇ ਹੁਕਮਾਂ ਦੀ ਪਾਲਣਾ ਕਰਦੇ ਹਨ,

6ਤੇਰੇ ਕੰਨ ਲੱਗੇ ਰਹਿਣ ਅਤੇ ਤੇਰੀਆਂ ਅੱਖਾਂ ਖੁੱਲ੍ਹੀਆਂ ਰਹਿਣ ਅਤੇ ਇਸ ਸਮੇਂ ਜੋ ਪ੍ਰਾਰਥਨਾ ਮੈਂ ਤੇਰਾ ਦਾਸ ਤੇਰੇ ਦਾਸਾਂ ਇਸਰਾਏਲੀਆਂ ਦੇ ਲਈ ਦਿਨ ਰਾਤ ਕਰਦਾ ਰਹਿੰਦਾ ਹਾਂ, ਉਸ ਨੂੰ ਤੂੰ ਸੁਣ ਲੈ। ਮੈਂ ਇਸਰਾਏਲੀਆਂ ਦੇ ਪਾਪਾਂ ਨੂੰ ਜਿਹੜੇ ਅਸੀਂ ਤੇਰੇ ਵਿਰੁੱਧ ਕੀਤੇ ਹਨ ਮੰਨ ਲੈਂਦਾ ਹਾਂ। ਹਾਂ, ਮੈਂ ਅਤੇ ਮੇਰੇ ਪੁਰਖਿਆਂ ਦੇ ਘਰਾਣੇ ਨੇ ਤੇਰੇ ਵਿਰੁੱਧ ਪਾਪ ਕੀਤਾ ਹੈ।

7ਅਸੀਂ ਤੁਹਾਡੇ ਨਾਲ ਬਹੁਤ ਬੁਰਾ ਵਿਵਹਾਰ ਕੀਤਾ ਹੈ, ਅਤੇ ਅਸੀਂ ਉਹਨਾਂ ਹੁਕਮਾਂ, ਫ਼ਰਮਾਨਾਂ ਅਤੇ ਕਾਨੂੰਨਾਂ ਦੀ ਪਾਲਣਾ ਨਹੀਂ ਕੀਤੀ ਜੋ ਤੂੰ ਆਪਣੇ ਸੇਵਕ ਮੋਸ਼ੇਹ ਨੂੰ ਦਿੱਤੇ ਸਨ।

8“ਯਾਦ ਰੱਖੋ ਉਹ ਉਪਦੇਸ਼ ਜੋ ਤੁਸੀਂ ਆਪਣੇ ਸੇਵਕ ਮੋਸ਼ੇਹ ਨੂੰ ਦਿੱਤਾ ਸੀ, ‘ਜੇ ਤੁਸੀਂ ਬੇਵਫ਼ਾ ਹੋ, ਮੈਂ ਤੁਹਾਨੂੰ ਕੌਮਾਂ ਵਿੱਚ ਖਿਲਾਰ ਦਿਆਂਗਾ,

9ਪਰ ਜੇ ਤੁਸੀਂ ਮੇਰੀ ਵੱਲ ਮੁੜੋ ਅਤੇ ਮੇਰੇ ਹੁਕਮਾਂ ਨੂੰ ਮੰਨੋ ਅਤੇ ਉਹਨਾਂ ਦੀ ਪਾਲਨਾ ਕਰੋ, ਤੁਹਾਡੇ ਵਿੱਚੋਂ ਕੱਢੇ ਹੋਏ ਲੋਕ ਅਕਾਸ਼ ਦੇ ਆਖਰੀ ਸਿਰੇ ਤੇ ਹੋਣ, ਤਾਂ ਵੀ ਮੈਂ ਉੱਥੋਂ ਉਹਨਾਂ ਨੂੰ ਇਕੱਠੇ ਕਰ ਕੇ ਉਸ ਸਥਾਨ ਵਿੱਚ ਲਿਆਵਾਂਗਾ, ਜਿਹੜਾ ਮੈਂ ਆਪਣਾ ਨਾਮ ਵਸਾਉਣ ਲਈ ਚੁਣ ਲਿਆ ਹੈ।’

10“ਉਹ ਤੁਹਾਡੇ ਸੇਵਕ ਅਤੇ ਤੁਹਾਡੇ ਲੋਕ ਹਨ, ਜਿਨ੍ਹਾਂ ਨੂੰ ਤੁਸੀਂ ਆਪਣੀ ਮਹਾਨ ਸ਼ਕਤੀ ਅਤੇ ਆਪਣੇ ਸ਼ਕਤੀਸ਼ਾਲੀ ਹੱਥ ਨਾਲ ਛੁਡਾਇਆ ਹੈ।

11ਹੇ ਪਰਮੇਸ਼ਵਰ ਮੇਰੀ ਬੇਨਤੀ ਹੈ ਕਿ ਤੂੰ ਆਪਣੇ ਦਾਸ ਦੀ ਪ੍ਰਾਰਥਨਾ ਵੱਲ ਕੰਨ ਲਾ ਅਤੇ ਆਪਣੇ ਉਹਨਾਂ ਦਾਸਾਂ ਦੀ ਪ੍ਰਾਰਥਨਾ ਵੱਲ ਵੀ ਜਿਹੜੇ ਤੇਰੇ ਨਾਮ ਤੋਂ ਡਰਨ ਦੇ ਚਾਹਵੰਦ ਹਨ, ਅਤੇ ਅੱਜ ਤੂੰ ਆਪਣੇ ਦਾਸ ਨੂੰ ਸਫ਼ਲ ਕਰ ਅਤੇ ਉਸ ਮਨੁੱਖ ਦੇ ਅੱਗੇ ਮੈਨੂੰ ਦਯਾ ਦਾ ਭਾਗੀ ਬਣਾ।” ਮੈਂ ਤਾਂ ਰਾਜਾ ਦਾ ਸਾਕੀ ਸੀ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.