4ਰਾਜੇ ਨੇ ਮੈਨੂੰ ਕਿਹਾ, “ਤੂੰ ਕੀ ਚਾਹੁੰਦਾ ਹੈ?” ਤਦ ਮੈਂ ਸਵਰਗ ਦੇ ਪਰਮੇਸ਼ਵਰ ਅੱਗੇ ਪ੍ਰਾਰਥਨਾ ਕੀਤੀ,
5ਅਤੇ ਮੈਂ ਰਾਜੇ ਨੂੰ ਉੱਤਰ ਦਿੱਤਾ, “ਜੇਕਰ ਰਾਜੇ ਨੂੰ ਚੰਗਾ ਲੱਗਦਾ ਹੈ ਅਤੇ ਜੇ ਤੁਹਾਡੇ ਸੇਵਕ ਨੇ ਤੁਹਾਡੀ ਨਿਗਾਹ ਵਿੱਚ ਕਿਰਪਾ ਪਾਈ ਹੋਵੇ, ਤਾਂ ਤੁਸੀਂ ਮੈਨੂੰ ਯਹੂਦਾਹ ਦੇ ਉਸ ਸ਼ਹਿਰ ਵਿੱਚ ਭੇਜ ਦਿਓ ਜਿੱਥੇ ਮੇਰੇ ਪੁਰਖੇ ਦਫ਼ਨਾਏ ਗਏ ਹਨ ਤਾਂ ਜੋ ਮੈਂ ਇਸ ਨੂੰ ਦੁਬਾਰਾ ਬਣਾ ਸਕਾਂ।”
6ਤਦ ਰਾਜਾ ਨੇ ਜਿਸ ਦੇ ਕੋਲ ਰਾਣੀ ਵੀ ਬੈਠੀ ਸੀ, ਮੈਨੂੰ ਪੁੱਛਿਆ, “ਤੇਰਾ ਸਫ਼ਰ ਕਿੰਨੇ ਦਿਨ ਦਾ ਹੋਵੇਗਾ ਅਤੇ ਤੂੰ ਕਦੋਂ ਵਾਪਿਸ ਮੁੜੇਂਗਾ?” ਤਦ ਮੈਨੂੰ ਭੇਜਣਾ ਰਾਜੇ ਨੂੰ ਚੰਗਾ ਲੱਗਿਆ ਅਤੇ ਮੈਂ ਵੀ ਉਸ ਦੇ ਨਾਲ ਇੱਕ ਸਮਾਂ ਨਿਯੁਕਤ ਕਰ ਲਿਆ।
7ਫਿਰ ਮੈਂ ਰਾਜੇ ਨੂੰ ਕਿਹਾ, “ਜੇਕਰ ਰਾਜੇ ਨੂੰ ਚੰਗਾ ਲੱਗੇ ਤਾਂ ਮੈਨੂੰ ਦਰਿਆ ਪਾਰ ਦੇ ਸੂਬਿਆਂ ਦੇ ਹਾਕਮਾਂ ਲਈ ਹੁਕਮਨਾਮੇ ਦਿੱਤੇ ਜਾਣ ਤਾਂ ਜੋ ਉਹ ਮੈਨੂੰ ਆਪਣੇ ਸ਼ਹਿਰਾਂ ਵਿੱਚੋਂ ਲੰਘਣ ਦੇਣ ਜਦੋਂ ਤੱਕ ਮੈਂ ਯਹੂਦਾਹ ਵਿੱਚ ਨਾ ਪਹੁੰਚ ਜਾਂਵਾਂ?
8ਇੱਕ ਹੁਕਮਨਾਮਾ ਆਸਾਫ਼ ਲਈ ਵੀ ਦਿੱਤਾ ਜਾਵੇ ਜੋ ਸ਼ਾਹੀ ਜੰਗਲ ਦਾ ਰਾਖ਼ਾ ਹੈ ਤਾਂ ਜੋ ਉਹ ਮੈਨੂੰ ਸ਼ਾਹੀ ਮਹਿਲ ਅਤੇ ਭਵਨ ਦੇ ਫਾਟਕਾਂ ਲਈ ਅਤੇ ਸ਼ਹਿਰ ਦੀ ਦੀਵਾਰ ਲਈ ਅਤੇ ਉਸ ਘਰ ਲਈ ਜਿਸ ਵਿੱਚ ਮੈਂ ਜਾ ਕੇ ਰਹਾਂਗਾ, ਸ਼ਤੀਰਾਂ ਲਈ ਮੈਨੂੰ ਲੱਕੜ ਦੇਵੇ।” ਅਤੇ ਕਿਉਂਕਿ ਮੇਰੇ ਪਰਮੇਸ਼ਵਰ ਦਾ ਦਿਆਲੂ ਹੱਥ ਮੇਰੇ ਉੱਤੇ ਸੀ, ਰਾਜੇ ਨੇ ਮੇਰੀ ਬੇਨਤੀ ਮੰਨ ਲਈ।